ਪੀ.ਏ.ਯੂ. ਨੇ ਸ਼ਹਿਦ ਮੱਖੀ ਪਾਲਣ ਬਾਰੇ ਮੁੱਢਲੀ ਸਿਖਲਾਈ ਦਿੱਤੀ
ਲੁਧਿਆਣਾ 16 ਫਰਵਰੀ, 2024(ਅਮਰੀਕ ਸਿੰਘ ਪ੍ਰਿੰਸ)
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕੀਟ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਮਧੂ-ਮੱਖੀ ਪਾਲਣ ਸੰਬੰਧੀ ਮੁੱਢਲਾ ਸਿਖਲਾਈ ਕੋਰਸ” ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 40 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਪੰਜ ਦਿਨਾਂ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਮਧੂੂ-ਮੱਖੀ ਪਾਲਣ ਕਿੱਤੇ ਦੇ ਪਸਾਰ ਅਤੇ ਵਿਕਾਸ ਸੰਬੰਧੀ ਭਰਪੂਰ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਪ੍ਰੇਰਨਾ ਕਪੇਲਾ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਕੀਟ ਵਿਗਿਆਨ ਵਿਭਾਗ ਦੇ ਵਿਸ਼ਾ ਮਾਹਿਰਾਂ ਡਾ. ਜਸਪਾਲ ਸਿੰਘ, ਡਾ. ਅਮਿਤ ਚੌਧਰੀ, ਡਾ. ਭਾਰਤੀ ਮਹਿੰਦਰੂ, ਡਾ. ਕੌਸ਼ਿਕ ਮੰਡਲ, ਇਕਨੋਮਿਕਸ ਅਤੇ ਸ਼ੋਸ਼ੋਲੋਜੀ ਵਿਭਾਗ ਤੋਂ ਡਾ. ਸੰਗੀਤ ਰੰਗੂਵਾਲ ਅਤੇ ਡਿਪਟੀ ਡਾਇਰੈਕਟਰ (ਖੇਤੀਬਾੜੀ) ਲੁਧਿਆਣਾ ਨੇ ਕੋਰਸ ਸੰਬੰਧਿਤ ਵੱਖ-ਵੱਖ ਵਿਸ਼ਿਆਂ ਉੱਪਰ ਪ੍ਰੈਕਟੀਕਲ ਤਰੀਕੇ ਨਾਲ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ ।
ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਸਿਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।